Thursday, March 19, 2026

ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ...

ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ
ਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ

ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾ
ਵੀਰਾਨੇ ਅੱਗੇ ਵੀਰਾਨਾ ਛੱਡ ਪਰੇ

ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈ
ਭਰ ਦੇ ਜੀਵਨ ਦਾ ਜੁਰਮਾਨਾ ਛੱਡ ਪਰੇ

ਪੰਛੀ ਦਾ ਦਿਲ ਕੰਬੇ ਤੇਰੇ ਹਥ ਕੰਬਣ
ਤੈਥੋਂ ਲਗਣਾ ਨਹੀਂ ਨਿਸ਼ਾਨਾ ਛੱਡ ਪਰੇ

ਬੁੱਢਿਆਂ ਘਾਗਾਂ ਨਾਲ ਸਵਾਲ ਜਵਾਬ ਨਾ ਕਰ
ਖਾ ਪੀ ਲੈ ਕੁਝ ਰੋਜ਼ ਜੁਆਨਾ ਛੱਡ ਪਰੇ

ਢਕੀ ਰਹਿਣ ਦੇ ਸਾਡੇ ਨਾਲ ਹਿਸਾਬ ਨਾ ਕਰ
ਪਛਤਾਵੇਂਗਾ ਬੇਈਮਾਨਾ ਛੱਡ ਪਰੇ

ਸੋਚੇਗਾਂ ਤਾਂ ਸ਼ੱਕਰ ਵਿਹੁ ਹੋ ਜਾਏਗੀ
ਕੀ ਅਪਣਾ ਤੇ ਕੀ ਬੇਗ਼ਾਨਾ ਛੱਡ ਪਰੇ

ਤੈਥੋਂ ਨਈਂ ਉਠਣੇ ਇਹ ਅੱਖਰ ਹੰਝੂਆਂ ਦੇ
ਰਹਿਣ ਦੇ ਤੂੰ ਵੱਡਿਆ ਵਿਦਵਾਨਾ ਛੱਡ ਪਰੇ ।


ਸੁਰਜੀਤ ਪਾਤਰ ✍️

No comments:

Post a Comment